Bible 2 India Mobile
[VER] : [PUNJABI]     [PL]  [PB] 
 <<  2 Peter 3 >> 

1ਹੇ ਪਿਆਰਿਓ, ਹੁਣ ਇਹ ਦੂਜੀ ਪੱਤ੍ਰੀ ਮੈਂ ਤੁਹਾਨੂੰ ਲਿਖਦਾ ਹਾਂ ਅਤੇ ਦੋਹਾਂ ਵਿੱਚ ਤੁਹਾਨੂੰ ਚੇਤੇ ਕਰਾ ਕੇ ਤੁਹਾਡੇ ਸਾਫ਼ ਮਨ ਨੂੰ ਪ੍ਰੇਰਦਾ ਹਾਂ,

2ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਜਿਹੜੀਆਂ ਪਵਿੱਤਰ ਨਬੀਆਂ ਤੋਂ ਪਹਿਲਾਂ ਆਖੀਆਂ ਗਈਆਂ ਨਾਲੇ ਪ੍ਰਭੂ ਅਤੇ ਮੁਕਤੀਦਾਤੇ ਦੀ ਆਗਿਆ ਨੂੰ ਜਿਹੜੀ ਤੁਹਾਡੇ ਰਸੂਲਾਂ ਦੇ ਰਾਹੀਂ ਕੀਤੀ ਗਈ, ਯਾਦ ਰੱਖੋ ।

3ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਅੰਤ ਦੇ ਦਿਨਾਂ ਵਿੱਚ ਠੱਠਾ ਕਰਨ ਵਾਲੇ ਠੱਠਾ ਕਰਦੇ ਹੋਏ ਆਉਣਗੇ, ਜਿਹੜੇ ਆਪਣੀਆਂ ਕਾਮਨਾਂ ਦੇ ਅਨੁਸਾਰ ਚੱਲਣਗੇ ।

4ਅਤੇ ਆਖਣਗੇ ਕਿ ਉਹ ਦੇ ਆਉਣ ਦੇ ਵਾਇਦੇ ਦਾ ਕੀ ਪਤਾ ਹੈ ? ਕਿਉਂਕਿ ਜਦੋਂ ਦੇ ਵਡ ਵਡੇਰੇ ਸੌਂ ਗਏ, ਸ੍ਰਿਸ਼ਟੀ ਦੇ ਮੁੱਢੋਂ ਸੱਭੇ ਕੁੱਝ ਉਸੇ ਤਰ੍ਹਾਂ ਹੀ ਬਣਿਆ ਰਹਿੰਦਾ ਹੈ ।

5ਓਹ ਜਾਣ ਬੁੱਝ ਕੇ ਇਸ ਗੱਲ ਨੂੰ ਭੁੱਲਾ ਛੱਡਦੇ ਹਨ ਕਿ ਪਰਮੇਸ਼ੁਰ ਦੇ ਬਚਨ ਨਾਲ ਅਕਾਸ਼ ਪ੍ਰਾਚੀਨ ਕਾਲ ਤੋਂ ਹਨ ਅਤੇ ਧਰਤੀ ਪਾਣੀ ਤੋਂ ਬਾਹਰ ਅਤੇ ਪਾਣੀ ਦੇ ਵਿੱਚ ਸਥਿਰ ਹੈ ।

6ਜਿਨ੍ਹਾਂ ਦੇ ਕਾਰਨ ਉਸ ਸਮੇਂ ਦਾ ਸੰਸਾਰ ਪਾਣੀ ਵਿੱਚ ਡੁੱਬ ਕੇ ਨਾਸ ਹੋਇਆ ।

7ਪਰ ਅਕਾਸ਼ ਅਤੇ ਧਰਤੀ ਪਰਮੇਸ਼ੁਰ ਦੇ ਬਚਨ ਦੁਆਰਾ ਨਾਸ ਹੋਣ ਲਈ ਰੱਖੇ ਗਏ ਹਨ ਅਤੇ ਇਹ ਭਗਤੀਹੀਣ ਮਨੁੱਖਾਂ ਦੇ ਨਿਆਂ ਤੇ ਨਾਸ ਹੋਣ ਦੇ ਦਿਨ ਤੱਕ ਇਸ ਤਰ੍ਹਾਂ ਹੀ ਰਹਿਣਗੇ ।

8ਹੇ ਪਿਆਰਿਓ, ਇੱਕ ਇਹ ਗੱਲ ਤੁਹਾਡੇ ਤੋਂ ਗੁੱਝੀ ਨਾ ਰਹੇ ਜੋ ਪ੍ਰਭੂ ਦੇ ਅੱਗੇ ਇੱਕ ਦਿਨ ਹਜ਼ਾਰ ਸਾਲ ਜਿਹਾ ਹੈ ਅਤੇ ਹਜ਼ਾਰ ਸਾਲ ਇੱਕ ਦਿਨ ਜਿਹਾ ਹੈ ।

9ਪ੍ਰਭੂ ਆਪਣੇ ਵਾਅਦੇ ਪੂਰੇ ਕਰਨ ਵਿੱਚ ਢਿੱਲਾ ਨਹੀਂ ਹੈ ਜਿਵੇਂ ਬਹੁਤ ਉਸ ਦੇ ਢਿੱਲੇ ਹੋਣ ਦਾ ਭਰਮ ਕਰਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਕਰਦਾ ਹੈ ਕਿਉਂ ਜੋ ਉਹ ਨਹੀਂ ਚਾਹੁੰਦਾ ਹੈ ਜੋ ਕਿਸੇ ਦਾ ਨਾਸ ਹੋਵੇ ਸਗੋਂ ਸਾਰੇ ਤੋਬਾ ਕਰਨ ।

10ਪਰੰਤੂ ਪ੍ਰਭੂ ਦਾ ਦਿਨ ਚੋਰ ਵਾਂਗੂੰ ਆਵੇਗਾ ਜਿਸ ਦੇ ਵਿੱਚ ਅਕਾਸ਼ ਵੱਡੀ ਗਰਜ ਨਾਲ ਜਾਂਦੇ ਰਹਿਣਗੇ ਅਤੇ ਮੂਲ ਵਸਤਾਂ ਵੱਡੇ ਤਪਸ਼ ਨਾਲ ਤਪ ਕੇ ਢੱਲ਼ ਜਾਣਗੀਆਂ ਅਤੇ ਧਰਤੀ ਉਨ੍ਹਾਂ ਕਾਰਾਗਰੀਆਂ ਸਣੇ ਜੋ ਉਸ ਵਿੱਚ ਹਨ ਭਸਮ ਹੋ ਜਾਵੇਗੀ ।

11ਜਦੋਂ ਇਹ ਸੱਭੇ ਵਸਤਾਂ ਇਸ ਤਰ੍ਹਾਂ ਢੱਲ਼ ਜਾਣ ਵਾਲੀਆਂ ਹਨ ਤਾਂ ਤੁਹਾਨੂੰ ਹਰ ਪਰਕਾਰ ਦੇ ਪਵਿੱਤਰ ਚਲਣ ਅਤੇ ਭਗਤੀ ਵਿੱਚ ਕਿਸ ਤਰ੍ਹਾਂ ਦੇ ਹੋਣਾ ਚਾਹੀਦਾ ਹੈ ?

12ਅਤੇ ਪਰਮੇਸ਼ੁਰ ਦੇ ਉਸ ਦਿਨ ਦੇ ਆਉਣ ਨੂੰ ਉਡੀਕਦੇ ਅਤੇ ਲੋਚਦੇ ਰਹੋ, ਜਿਸ ਦੇ ਕਾਰਨ ਅਕਾਸ਼ ਸੜ ਕੇ ਢੱਲ਼ ਜਾਣਗੇ ਅਤੇ ਮੂਲ ਵਸਤਾਂ ਵੱਡੀ ਤਪਸ਼ ਨਾਲ ਤਪ ਕੇ ਪਿਘਲ ਜਾਣਗੀਆਂ ।

13ਪਰ ਉਹ ਦੇ ਬਚਨ ਦੇ ਅਨੁਸਾਰ ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦੀ ਉਡੀਕ ਕਰਦੇ ਹਾਂ, ਜਿਨ੍ਹਾਂ ਵਿੱਚ ਧਰਮ ਵੱਸਦਾ ਹੈ ।

14ਇਸ ਲਈ ਹੇ ਪਿਆਰਿਓ, ਜਦੋਂ ਤੁਸੀਂ ਇਨ੍ਹਾਂ ਗੱਲਾਂ ਦੀ ਉਡੀਕ ਕਰਦੇ ਹੋ ਤਾਂ ਕੋਸ਼ਿਸ਼ ਕਰੋ ਕਿ ਤੁਸੀਂ ਸ਼ਾਂਤੀ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਰਦੋਸ਼ ਠਹਿਰੋ ।

15ਅਤੇ ਸਾਡੇ ਪ੍ਰਭੂ ਦੇ ਧੀਰਜ ਨੂੰ ਮੁਕਤੀ ਸਮਝੋ ਜਿਵੇਂ ਸਾਡੇ ਪਿਆਰੇ ਭਾਈ ਪੌਲੁਸ ਨੇ ਵੀ ਉਸ ਗਿਆਨ ਦੇ ਅਨੁਸਾਰ ਜੋ ਉਹ ਨੂੰ ਦਾਨ ਹੋਇਆ, ਤੁਹਾਨੂੰ ਲਿਖਿਆ ਸੀ ।

16ਜਿਵੇਂ ਉਸ ਨੇ ਆਪਣੀਆਂ ਸਾਰੀਆਂ ਪੱਤ੍ਰੀਆਂ ਵਿੱਚ ਉਨ੍ਹਾਂ ਦੇ ਵਿਖੇ ਲਿਖਿਆ ਹੈ ਅਤੇ ਉਨ੍ਹਾਂ ਵਿੱਚ ਕਈਆਂ ਗੱਲਾਂ ਦਾ ਸਮਝਣਾ ਔਖਾ ਹੈ, ਜਿਨ੍ਹਾਂ ਨੂੰ ਅਗਿਆਨੀ ਅਤੇ ਡੋਲਣ ਵਾਲੇ ਲੋਕ ਆਪਣੀ ਬਰਬਾਦੀ ਲਈ ਮਰੋੜਦੇ ਹਨ, ਜਿਵੇਂ ਉਹ ਹੋਰਨਾਂ ਪਵਿੱਤਰ ਗ੍ਰੰਥਾਂ ਦੀ ਲਿਖਤਾਂ ਨੂੰ ਵੀ ਕਰਦੇ ਹਨ ।

17ਸੋ ਹੇ ਪਿਆਰਿਓ, ਜਦੋਂ ਤੁਸੀਂ ਪਹਿਲਾਂ ਹੀ ਇਹ ਗੱਲਾਂ ਜਾਣਦੇ ਹੋ ਤਾਂ ਚੌਕਸ ਰਹੋ ਜੋ ਕਿਤੇ ਇਹ ਨਾ ਹੋਵੇ ਜੋ ਦੁਸ਼ਟਾਂ ਦੀ ਭੁੱਲ ਨਾਲ ਧੋਖਾ ਖਾ ਕੇ ਆਪਣੀ ਦ੍ਰਿੜ੍ਹਤਾ ਤੋਂ ਡਿੱਗ ਪਓ ।

18ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ । ਉਹ ਦੀ ਵਡਿਆਈ ਹੁਣ ਅਤੇ ਜੁੱਗੋ-ਜੁੱਗ ਹੁੰਦੀ ਰਹੇ । ਆਮੀਨ ।



 <<  2 Peter 3 >> 


Bible2india.com
© 2010-2024
Help
Single Panel

Laporan Masalah/Saran