1ਜਿਵੇਂ ਗਰਮੀ ਵਿੱਚ ਬਰਫ਼ ਅਤੇ ਵਾਢੀ ਵਿੱਚ ਵਰਖਾ, ਤਿਵੇਂ ਮੂਰਖ ਨੂੰ ਆਦਰ ਸੂਤ ਨਹੀਂ ।
2ਜਿਵੇਂ ਚਿੜੀ ਭਟਕਦੀ ਅਤੇ ਬਾਲ ਕਟਾਰਾ ਉੱਡਦਾ ਫਿਰਦਾ ਹੈ, ਓਵੇਂ ਹੀ ਮੱਲੋ ਮੱਲੀ ਦਾ ਸਰਾਪ ਨਹੀਂ ਪੈਂਦਾ ।
3ਘੋੜੇ ਦੇ ਲਈ ਚਾਬੁਕ, ਗਧੇ ਦੇ ਲਈ ਲਗਾਮ, ਅਤੇ ਮੂਰਖ ਦੀ ਪਿੱਠ ਲਈ ਸੋਟੀ ਹੁੰਦੀ ਹੈ ।
4ਮੂਰਖ ਨੂੰ ਉਹ ਦੀ ਮੂਰਖਤਾਈ ਦੇ ਅਨੁਸਾਰ ਉੱਤਰ ਨਾ ਦੇ, ਕਿਤੇ ਤੂੰ ਵੀ ਉਹ ਦੇ ਵਰਗਾ ਨਾ ਹੋ ਜਾਵੇਂ ।
5ਮੂਰਖ ਨੂੰ ਉਹ ਦੀ ਮੂਰਖਤਾਈ ਦੇ ਅਨੁਸਾਰ ਉੱਤਰ ਦੇ, ਕਿਤੇ ਉਹ ਆਪਣੇ ਲੇਖੇ ਵਿੱਚ ਬੁੱਧਵਾਨ ਨਾ ਬਣ ਬੈਠੇ ।
6ਜਿਹੜਾ ਮੂਰਖ ਦੇ ਹੱਥ ਸੁਨੇਹਾ ਘੱਲਦਾ ਹੈ, ਉਹ ਆਪਣੇ ਪੈਰ ਤੇ ਕੁਹਾੜੀ ਮਾਰਦਾ ਅਤੇ ਜ਼ਹਿਰ ਪੀਂਦਾ ਹੈ ।
7ਜਿਵੇਂ ਲੰਗੜੇ ਦੀਆਂ ਲਮਕਦੀਆਂ ਲੱਤਾਂ ਨਿਕੰਮੀਆਂ ਹਨ, ਓਵੇਂ ਮੂਰਖਾਂ ਦੇ ਮੂੰਹ ਵਿੱਚ ਕਹਾਉਤਾਂ ਹਨ ।
8ਜਿਵੇਂ ਪੱਥਰਾਂ ਦੇ ਢੇਰ ਵਿੱਚ ਰਤਨਾਂ ਨੂੰ ਰੱਖਣਾ ਹੈ, ਓਵੇਂ ਮੂਰਖ ਨੂੰ ਆਦਰ ਦੇਣਾ ਹੈ,
9ਜਿਵੇਂ ਸ਼ਰਾਬੀ ਦੇ ਹੱਥ ਵਿੱਚ ਕੰਡਾ ਚੁੱਭਦਾ ਹੈ, ਤਿਵੇਂ ਮੂਰਖਾਂ ਦੇ ਮੂੰਹ ਵਿੱਚ ਦ੍ਰਿਸ਼ਟਾਂਤ ਹੈ ।
10ਜਿਵੇਂ ਤੀਰ ਅੰਦਾਜ਼ ਸਭਨਾਂ ਨੂੰ ਫੱਟੜ ਕਰਦਾ ਹੈ, ਤਿਵੇਂ ਉਹ ਹੈ ਜੋ ਮੂਰਖ ਅਤੇ ਲੰਘਣ ਵਾਲੇ ਨੂੰ ਮਜ਼ਦੂਰੀ ਤੇ ਲਾਉਂਦਾ ਹੈ ।
11ਜਿਵੇਂ ਕੁੱਤਾ ਆਪਣੀ ਉਲਟੀ ਨੂੰ ਚੱਟ ਲੈਂਦਾ ਹੈ, ਓਵੇਂ ਮੂਰਖ ਆਪਣੀ ਮੂਰਖਤਾਈ ਨੂੰ ਦੁਹਰਾਉਂਦਾ ਹੈ ।
12ਕੀ ਤੂੰ ਉਸ ਮਨੁੱਖ ਨੂੰ ਵੇਖਦਾ ਹੈਂ ਜੋ ਆਪਣੀ ਨਿਗਾਹ ਵਿੱਚ ਬੁੱਧਵਾਨ ਹੈ ? ਉਹ ਦੇ ਨਾਲੋਂ ਮੂਰਖ ਲਈ ਵਧੇਰੀ ਆਸ ਹੈ !
13ਆਲਸੀ ਆਖਦਾ ਹੈ, ਰਾਹ ਵਿੱਚ ਤਾਂ ਸ਼ੇਰ ਹੈ, ਗਲੀਆਂ ਵਿੱਚ ਬਬਰ ਸ਼ੇਰ ਹੈ !
14ਜਿਵੇਂ ਦਰਵਾਜ਼ਾ ਕਬਜ਼ੇ ਉੱਤੇ ਘੁੰਮਦਾ ਹੈ, ਓਵੇਂ ਆਲਸੀ ਆਪਣੇ ਮੰਜੇ ਉੱਤੇ ।
15ਆਲਸੀ ਆਪਣਾ ਹੱਥ ਥਾਲੀ ਵਿੱਚ ਪਾਉਂਦਾ ਹੈ, ਪਰ ਉਸ ਨੂੰ ਫੇਰ ਮੂੰਹ ਤੱਕ ਲਿਆਉਣ ਨਾਲ ਉਹ ਥੱਕ ਜਾਂਦਾ ਹੈ ।
16ਆਲਸੀ ਆਪਣੀ ਆਪ ਨੂੰ ਉਹਨਾਂ ਸੱਤਾਂ ਜਣਿਆਂ ਨਾਲੋਂ ਵੀ ਜੋ ਠੀਕ ਉੱਤਰ ਦੇਣ ਜੋਗ ਹਨ, ਬੁੱਧਵਾਨ ਸਮਝਦਾ ਹੈ ।
17ਜਿਹੜਾ ਰਾਹ ਤੁਰਦਿਆਂ ਪਰਾਏ ਝਗੜੇ ਵਿੱਚ ਪੈਰ ਅੜਾਉਂਦਾ ਹੈ, ਉਹ ਉਸ ਵਰਗਾ ਹੈ ਜੋ ਕੁੱਤੇ ਨੂੰ ਕੰਨੋਂ ਫੜੇ ।
18ਜਿਵੇਂ ਇੱਕ ਅੱਗ ਅਤੇ ਮੌਤ ਦੇ ਤੀਰ ਸੁੱਟਦਾ ਹੈ,
19ਤਿਹਾ ਹੀ ਉਹ ਹੈ ਜਿਹੜਾ ਆਪਣੇ ਗੁਆਂਢੀ ਨੂੰ ਧੋਖਾ ਦੇ ਕੇ ਆਖਦਾ ਹੈ, ਭਲਾ, ਮੈਂ ਮਜ਼ਾਕ ਨਹੀਂ ਸੀ ਕਰਦਾ ?
20ਜਿੱਥੇ ਬਾਲਣ ਨਹੀਂ ਉੱਥੇ ਅੱਗ ਬੁੱਝ ਜਾਂਦੀ ਹੈ, ਅਤੇ ਜਿੱਥੇ ਚੁਗਲੀਆਂ ਨਹੀਂ ਉੱਥੇ ਝਗੜਾ ਮੁੱਕ ਜਾਂਦਾ ਹੈ ।
21ਜਿਵੇਂ ਅੰਗਿਆਰਿਆਂ ਉੱਤੇ ਕੋਇਲੇ ਅਤੇ ਅੱਗ ਉੱਤੇ ਲੱਕੜਾਂ, ਓਵੇਂ ਝਗੜੇ ਨੂੰ ਵਧਾਉਣ ਲਈ ਝਗੜਾਲੂ ਮਨੁੱਖ ਹੁੰਦਾ ਹੈ ।
22ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਓਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ ।
23ਜਿਵੇਂ ਮਿੱਟੀ ਦੇ ਭਾਂਡੇ ਉੱਤੇ ਚਾਂਦੀ ਦਾ ਪਾਣੀ ਚੜ੍ਹਾਇਆ ਹੋਵੇ, ਤਿਵੇਂ ਬੁਰੇ ਦਿਲ ਵਾਲੇ ਪ੍ਰੇਮ ਭਰੇ ਬਚਨ ਹੁੰਦੇ ਹਨ ।
24ਵੈਰੀ ਆਪਣੇ ਬੁੱਲਾਂ ਨਾਲ ਤਾਂ ਕਪਟ ਕਰਦਾ, ਅਤੇ ਆਪਣੇ ਅੰਦਰ ਧੋਖਾ ਰੱਖ ਛੱਡਦਾ ਹੈ ।
25ਜਦ ਉਹ ਮਿੱਠੀਆਂ ਮਿੱਠੀਆਂ ਗੱਲਾਂ ਕਰੇ ਤਾਂ ਉਹ ਦਾ ਵਿਸ਼ਵਾਸ ਨਾ ਕਰੀਂ, ਕਿਉਂ ਜੋ ਉਹ ਦੇ ਦਿਲ ਵਿੱਚ ਸੱਤ ਘਿਣਾਉਣੀਆਂ ਗੱਲਾਂ ਹਨ ।
26ਭਾਂਵੇ ਉਹ ਦਾ ਵੈਰ ਧੋਖੇ ਦੇ ਕਾਰਨ ਲੁਕਿਆ ਵੀ ਰਹੇ, ਤਾਂ ਵੀ ਉਹ ਦੀ ਬੁਰਿਆਈ ਸਭਾ ਦੇ ਵਿੱਚ ਪਰਗਟ ਕੀਤੀ ਜਾਵੇਗੀ ।
27ਜਿਹੜਾ ਟੋਆ ਪੁੱਟਦਾ ਹੈ ਉਹ ਆਪੇ ਉਸ ਵਿੱਚ ਡਿੱਗੇਗਾ, ਅਤੇ ਜਿਹੜਾ ਪੱਥਰ ਰੇੜਦਾ ਹੈ ਉਹ ਮੁੜ ਕੇ ਓਸੇ ਉੱਤੇ ਆਣ ਪਵੇਗਾ ।
28ਝੂਠੀ ਜੀਭ ਉਹਨਾਂ ਨਾਲ ਵੈਰ ਰੱਖਦੀ ਹੈ ਜਿਨਾਂ ਨੂੰ ਉਸ ਨੇ ਕੁਚਲਿਆ, ਅਤੇ ਚਾਪਲੂਸ ਮੂੰਹ ਨਾਸ਼ ਕਰਦਾ ਹੈ ।