Bible 2 India Mobile
[VER] : [PUNJABI]     [PL]  [PB] 
 <<  Numbers 21 >> 

1ਤਦ ਅਰਾਦ ਦਾ ਕਨਾਨੀ ਰਾਜਾ, ਜਿਹੜਾ ਦੱਖਣ ਦੇਸ ਵਿੱਚ ਰਹਿੰਦਾ ਸੀ, ਉਸ ਨੇ ਸੁਣਿਆ ਕਿ ਇਸਰਾਏਲੀ ਅਥਾਰੀਮ ਦੇ ਰਾਹ ਤੋਂ ਆ ਰਹੇ ਹਨ ਤਦ ਉਹ ਇਸਰਾਏਲ ਨਾਲ ਲੜਿਆ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਗੁਲਾਮ ਬਣਾ ਲਿਆ ।

2ਤਦ ਇਸਰਾਏਲੀਆਂ ਨੇ ਯਹੋਵਾਹ ਅੱਗੇ ਪ੍ਰਣ ਕਰਕੇ ਆਖਿਆ, ਜੇ ਤੂੰ ਇਨ੍ਹਾਂ ਲੋਕਾਂ ਨੂੰ ਸੱਚਮੁੱਚ ਸਾਡੇ ਹੱਥ ਵਿੱਚ ਦੇ ਦੇਵੇਂ ਤਾਂ ਅਸੀਂ ਉਨ੍ਹਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਦਿਆਂਗੇ ।

3ਤਦ ਯਹੋਵਾਹ ਨੇ ਇਸਰਾਏਲ ਦੀ ਬੇਨਤੀ ਸੁਣੀ ਅਤੇ ਕਨਾਨੀਆਂ ਨੂੰ ਉਹਨਾਂ ਦੇ ਵੱਸ ਵਿੱਚ ਕਰ ਦਿੱਤਾ, ਤਦ ਉਨ੍ਹਾਂ ਨੇ ਉਹਨਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਦਿੱਤਾ ਅਤੇ ਉਸ ਥਾਂ ਦਾ ਨਾਮ ਹਾਰਮਾਹ ਪੈ ਗਿਆ ।

4ਤਦ ਉਨ੍ਹਾਂ ਨੇ ਹੋਰ ਨਾਮ ਦੇ ਪਰਬਤ ਤੋਂ, ਲਾਲ ਸਮੁੰਦਰ ਵੱਲ ਅਦੋਮ ਦੇਸ ਦੇ ਬਾਹਰੋਂ, ਕੂਚ ਕੀਤਾ ਪਰ ਲੰਬੇ ਸਫ਼ਰ ਦੇ ਕਾਰਨ ਪਰਜਾ ਰਾਹ ਵਿੱਚ ਪਰੇਸ਼ਾਨ ਹੋ ਗਈ ।

5ਇਸ ਕਾਰਨ ਪਰਜਾ ਯਹੋਵਾਹ ਅਤੇ ਮੂਸਾ ਦੇ ਵਿਰੁੱਧ ਬੋਲੀ ਕਿ ਤੁਸੀਂ ਸਾਨੂੰ ਮਿਸਰ ਵਿੱਚੋਂ ਜੰਗਲ ਵਿੱਚ ਕਿਉਂ ਲੈ ਆਏ, ਤਾਂ ਜੋ ਅਸੀਂ ਉਜਾੜ ਵਿੱਚ ਮਰ ਜਾਈਏ ? ਇੱਥੇ ਨਾ ਤਾਂ ਰੋਟੀ ਹੈ, ਨਾ ਹੀ ਪਾਣੀ ਹੈ । ਸਾਡੀਆਂ ਜਾਨਾਂ ਇਸ ਨਿਕੰਮੀ ਰੋਟੀ ਤੋਂ ਅੱਕ ਗਈਆਂ ਹਨ !

6ਤਦ ਯਹੋਵਾਹ ਨੇ ਪਰਜਾ ਵਿੱਚ ਤੇਜ ਜ਼ਹਿਰੀਲੇ ਸੱਪ ਭੇਜੇ ਅਤੇ ਉਨ੍ਹਾਂ ਨੇ ਲੋਕਾਂ ਨੂੰ ਡੱਸਿਆ, ਤਦ ਇਸਰਾਏਲੀਆਂ ਵਿੱਚੋਂ ਬਹੁਤ ਲੋਕ ਮਰ ਗਏ ।

7ਫੇਰ ਪਰਜਾ ਨੇ ਮੂਸਾ ਕੋਲ ਆਣ ਕੇ ਆਖਿਆ, ਅਸੀਂ ਪਾਪ ਕੀਤਾ ਜੋ ਅਸੀਂ ਤੇਰੇ ਅਤੇ ਯਹੋਵਾਹ ਦੇ ਵਿਰੁੱਧ ਬੋਲੇ । ਹੁਣ, ਯਹੋਵਾਹ ਅੱਗੇ ਬੇਨਤੀ ਕਰ ਕਿ ਉਹ ਸਾਡੇ ਕੋਲੋਂ ਇਹਨਾਂ ਸੱਪਾਂ ਨੂੰ ਮੋੜ ਲਵੇ । ਤਦ ਮੂਸਾ ਨੇ ਪਰਜਾ ਦੇ ਲਈ ਬੇਨਤੀ ਕੀਤੀ ।

8ਯਹੋਵਾਹ ਨੇ ਮੂਸਾ ਨੂੰ ਆਖਿਆ, ਇੱਕ ਜ਼ਹਿਰੀਲਾ ਸੱਪ ਬਣਾ ਕੇ ਉਸ ਨੂੰ ਇੱਕ ਡੰਡੇ ਉੱਤੇ ਰੱਖ ਦੇ, ਤਦ ਅਜਿਹਾ ਹੋਵੇਗਾ ਕਿ ਜੋ ਕੋਈ ਡੱਸਿਆ ਜਾਵੇ, ਉਸ ਸੱਪ ਨੂੰ ਵੇਖ ਲਵੇ ਤਾਂ ਉਹ ਆਪਣੀ ਜਾਨ ਨੂੰ ਬਚਾ ਲਵੇਗਾ ।

9ਉਪਰੰਤ ਮੂਸਾ ਨੇ ਇੱਕ ਪਿੱਤਲ ਦਾ ਸੱਪ ਬਣਾ ਕੇ, ਉਸ ਨੂੰ ਡੰਡੇ ਉੱਤੇ ਰੱਖਿਆ ਤਾਂ ਅਜਿਹਾ ਹੋਇਆ ਕਿ ਜਦ ਸੱਪ ਕਿਸੇ ਮਨੁੱਖ ਨੂੰ ਡੱਸਦਾ ਸੀ, ਤਾਂ ਉਹ ਪਿੱਤਲ ਦੇ ਸੱਪ ਵੱਲ ਨਜ਼ਰ ਕਰਦਾ ਸੀ ਅਤੇ ਆਪਣੀ ਜਾਨ ਨੂੰ ਬਚਾ ਲੈਂਦਾ ਸੀ ।

10ਫੇਰ ਇਸਰਾਏਲ ਨੇ ਕੂਚ ਕਰਕੇ, ਓਬੋਥ ਵਿੱਚ ਡੇਰੇ ਲਾਏ ।

11ਫੇਰ ਓਬੋਥ ਤੋਂ ਕੂਚ ਕਰਕੇ, ਈਯੇਅਬਾਰੀਮ ਦੀ ਉਸ ਉਜਾੜ ਵਿੱਚ, ਜਿਹੜੀ ਮੋਆਬ ਦੇ ਸਾਹਮਣੇ ਪੂਰਬ ਦਿਸ਼ਾ ਵੱਲ ਹੈ, ਡੇਰੇ ਲਾਏ ।

12ਉੱਥੋਂ ਕੂਚ ਕਰਕੇ ਜ਼ਰਦ ਦੀ ਵਾਦੀ ਵਿੱਚ ਡੇਰੇ ਲਾਏ ।

13ਫੇਰ ਉੱਥੋਂ ਕੂਚ ਕਰ ਕੇ ਉਨ੍ਹਾਂ ਨੇ ਆਪਣੇ ਡੇਰੇ ਅਰਨੋਨ ਨਦੀ ਦੇ ਦੂਜੇ ਪਾਸੇ ਲਾਏ, ਜਿਹੜੀ ਉਜਾੜ ਵਿੱਚ ਦੀ ਅਮੋਰੀਆਂ ਦੀ ਸਰਹੱਦ ਤੋਂ ਨਿਕਲਦੀ ਹੈ ਕਿਉਂ ਜੋ ਅਰਨੋਨ ਮੋਆਬ ਦੀ ਹੱਦ ਉੱਤੇ ਮੋਆਬ ਅਤੇ ਅਮੋਰੀਆਂ ਦੇ ਵਿਚਕਾਰ ਹੈ ।

14ਇਸ ਲਈ ਯਹੋਵਾਹ ਦੀ ਜੰਗ ਨਾਮ ਦੀ ਪੁਸਤਕ ਵਿੱਚ ਲਿਖਿਆ ਹੈ: "ਵਾਹੇਬ ਜਿਹੜਾ ਸੁਫ਼ਾਹ ਵਿੱਚ ਹੈ, ਅਤੇ ਅਰਨੋਨ ਦੀਆਂ ਵਾਦੀਆਂ,

15ਅਤੇ ਵਾਦੀਆਂ ਦੀ ਢਾਲ, ਜਿਹੜੀ ਆਰ ਦੀ ਵੱਸੋਂ ਤੱਕ ਫੈਲੀ ਹੋਈ ਹੈ ਅਤੇ ਮੋਆਬ ਦੀ ਸਰਹੱਦ ਨਾਲ ਲੱਗਦੀ ਹੈ ।

16ਉੱਥੋਂ ਉਹ ਬਏਰ ਨੂੰ ਗਏ ਜਿੱਥੇ ਉਹ ਖੂਹ ਹੈ ਜਿਸ ਦੇ ਵਿਖੇ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ ਕਿ ਪਰਜਾ ਨੂੰ ਇਕੱਠਾ ਕਰ ਅਤੇ ਮੈਂ ਉਨ੍ਹਾਂ ਨੂੰ ਪਾਣੀ ਦਿਆਂਗਾ ।

17ਤਦ ਇਸਰਾਏਲ ਨੇ ਇਹ ਗੀਤ ਗਾਇਆ: ਹੇ ਖੂਹ, ਉਮੜ੍ਹ ਆ ! ਉਸ ਲਈ ਗਾਓ,

18ਉਹ ਖੂਹ ਜਿਸ ਨੂੰ ਹਾਕਮਾਂ ਨੇ ਪੁੱਟਿਆ, ਅਤੇ ਲੋਕਾਂ ਦੇ ਪਤਵੰਤਾਂ ਨੇ ਆੱਸੇ ਨਾਲ ਅਤੇ ਆਪਣੀਆਂ ਲਾਠੀਆਂ ਨਾਲ ਕੱਢਿਆ !

19ਉਹ ਫੇਰ ਉਜਾੜ ਤੋਂ ਮੱਤਾਨਾਹ ਨੂੰ ਗਏ ਅਤੇ ਮੱਤਾਨਾਹ ਤੋਂ ਨਹਲੀਏਲ ਨੂੰ ਅਤੇ ਨਹਲੀਏਲ ਤੋਂ ਬਾਮੋਥ ਨੂੰ ।

20ਅਤੇ ਬਾਮੋਥ ਤੋਂ ਉਸ ਘਾਟੀ ਨੂੰ ਜਿਹੜੀ ਮੋਆਬ ਦੇ ਮੈਦਾਨ ਵਿੱਚ ਹੈ, ਫੇਰ ਪਿਸਗਾਹ ਦੀ ਟੀਸੀ ਨੂੰ ਜਿਹੜੀ ਉਜਾੜ ਵੱਲ ਨੂੰ ਝੁਕੀ ਹੋਈ ਹੈ ।

21ਤਦ ਇਸਰਾਏਲ ਨੇ ਅਮੋਰੀਆਂ ਦੇ ਰਾਜੇ ਸੀਹੋਨ ਕੋਲ ਸੰਦੇਸ਼ਵਾਹਕ ਭੇਜੇ,

22ਤੁਸੀਂ ਸਾਨੂੰ ਆਪਣੇ ਦੇਸ ਵਿੱਚ ਦੀ ਲੰਘ ਜਾਣ ਦਿਓ । ਅਸੀਂ ਖੇਤ, ਅੰਗੂਰਾਂ ਦੇ ਬਾਗਾਂ ਵਿੱਚ ਨਹੀਂ ਵੜਾਂਗੇ, ਨਾ ਅਸੀਂ ਖੂਹ ਦਾ ਪਾਣੀ ਪੀਵਾਂਗੇ । ਅਸੀਂ ਸ਼ਾਹੀ ਸੜਕ ਰਾਹੀਂ ਚੱਲਾਂਗੇ ਜਦ ਤੱਕ ਤੁਹਾਡੀਆਂ ਹੱਦਾਂ ਤੋਂ ਪਾਰ ਨਾ ਲੰਘ ਜਾਈਏ ।

23ਪਰ ਸੀਹੋਨ ਨੇ ਇਸਰਾਏਲ ਨੂੰ ਆਪਣੀਆਂ ਹੱਦਾਂ ਦੇ ਵਿੱਚ ਦੀ ਨਾ ਲੰਘਣ ਦਿੱਤਾ, ਪਰ ਸੀਹੋਨ ਨੇ ਆਪਣੇ ਸਾਰੇ ਲੋਕ ਇਕੱਠੇ ਕੀਤੇ ਅਤੇ ਇਸਰਾਏਲ ਦਾ ਸਾਹਮਣਾ ਕਰਨ ਲਈ ਉਜਾੜ ਵਿੱਚ ਯਹਸ ਨੂੰ ਗਿਆ ਅਤੇ ਇਸਰਾਏਲ ਨਾਲ ਲੜਿਆ ।

24ਤਦ ਇਸਰਾਏਲ ਨੇ ਉਹ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ ਅਤੇ ਅਰਨੋਨ ਤੋਂ ਯੱਬੋਕ ਨਦੀ ਤੱਕ ਅਰਥਾਤ ਅੰਮੋਨੀਆਂ ਤੱਕ ਉਹ ਦੀ ਧਰਤੀ ਉੱਤੇ ਕਬਜ਼ਾ ਕਰ ਲਿਆ ਕਿਉਂ ਜੋ ਅੰਮੋਨੀਆਂ ਦੀ ਹੱਦ ਪੱਕੀ ਸੀ ।

25ਅਤੇ ਇਸਰਾਏਲ ਨੇ ਇਹ ਸਾਰੇ ਸ਼ਹਿਰ ਜਿੱਤ ਲਏ ਅਤੇ ਇਸਰਾਏਲ ਹਸ਼ਬੋਨ ਵਿੱਚ ਅਮੋਰੀਆਂ ਦੇ ਸਾਰੇ ਸ਼ਹਿਰਾਂ ਅਤੇ ਉਸ ਦੇ ਸਾਰੇ ਪਿੰਡਾਂ ਵਿੱਚ ਵੱਸ ਗਿਆ ।

26ਕਿਉਂ ਜੋ ਹਸ਼ਬੋਨ ਅਮੋਰੀਆਂ ਦੇ ਰਾਜੇ ਸੀਹੋਨ ਦਾ ਸ਼ਹਿਰ ਸੀ, ਜਿਸ ਨੇ ਮੋਆਬ ਦੇ ਅਗਲੇ ਰਾਜੇ ਨਾਲ ਲੜ ਕੇ ਉਸ ਦੇ ਸਾਰੇ ਦੇਸ ਨੂੰ ਉਸ ਦੇ ਹੱਥੋਂ ਅਰਨੋਨ ਤੱਕ ਜਿੱਤ ਲਿਆ ਸੀ ।

27ਇਸ ਲਈ ਕਵੀ ਆਖਦੇ ਹਨ: ਹਸ਼ਬੋਨ ਵਿੱਚ ਆਓ, ਸੀਹੋਨ ਦਾ ਸ਼ਹਿਰ ਬਣਾਇਆ ਅਤੇ ਪੱਕਾ ਕੀਤਾ ਜਾਵੇ,

28ਕਿਉਂ ਜੋ ਅੱਗ ਹਸ਼ਬੋਨ ਤੋਂ ਨਿੱਕਲੀ, ਅਤੇ ਸੀਹੋਨ ਦੇ ਨਗਰ ਤੋਂ ਇੱਕ ਲਾਟ, ਮੋਆਬ ਦੇ ਆਰ ਨਗਰ ਨੂੰ ਭਸਮ ਕੀਤਾ, ਨਾਲੇ ਅਰਨੋਨ ਦੇ ਉਚਿਆਈਆਂ ਵਿੱਚ ਵੱਸਣ ਵਾਲੇ ਮਾਲਕਾਂ ਨੂੰ ਵੀ ਤਬਾਹ ਕੀਤਾ ।

29ਹੇ ਮੋਆਬ, ਤੇਰੇ ਉੱਤੇ ਹਾਇ ! ਹੇ ਕਮੋਸ਼ ਦੇ ਪੁਜਾਰੀਓ, ਤੁਸੀਂ ਬਰਬਾਦ ਹੋਏ ! ਉਸ ਨੇ ਆਪਣੇ ਪੁੱਤਰਾਂ ਨੂੰ ਭਗੌੜਿਆਂ ਵਾਂਗੂੰ ਛੱਡਿਆ, ਅਤੇ ਆਪਣੀਆਂ ਧੀਆਂ ਨੂੰ ਅਮੋਰੀਆਂ ਦੇ ਰਾਜਾ ਸੀਹੋਨ ਦੀ ਦਾਸੀਆਂ ਬਣਾ ਦਿੱਤਾ !

30ਅਸੀਂ ਉਨ੍ਹਾਂ ਉੱਤੇ ਜਿੱਤ ਪ੍ਰਾਪਤ ਕੀਤੀ, ਹਸ਼ਬੋਨ ਦੀਬੋਨ ਤੱਕ ਬਰਬਾਦ ਹੋਇਆ, ਅਤੇ ਅਸੀਂ ਨੋਫ਼ਾਹ ਅਤੇ ਮੇਦਬਾ ਤੱਕ ਵਿਨਾਸ਼ ਕੀਤਾ ਹੈ ।

31ਇਸ ਤਰ੍ਹਾਂ ਇਸਰਾਏਲ ਅਮੋਰੀਆਂ ਦੇ ਖੇਤਰ ਵਿੱਚ ਵੱਸਿਆ ।

32ਫੇਰ ਮੂਸਾ ਨੇ ਯਾਜ਼ੇਰ ਦਾ ਭੇਤ ਜਾਣਨ ਲਈ ਮਨੁੱਖ ਘੱਲੇ ਅਤੇ ਉਨ੍ਹਾਂ ਨੇ ਉਸ ਦੇ ਪਿੰਡਾਂ ਨੂੰ ਵੱਸ ਵਿੱਚ ਕਰ ਲਿਆ ਅਤੇ ਉੱਥੋਂ ਦੇ ਅਮੋਰੀਆਂ ਨੂੰ ਕੱਢ ਦਿੱਤਾ ।

33ਫੇਰ ਮੁੜ ਕੇ ਉਹ ਬਾਸ਼ਾਨ ਦੇ ਰਾਹ ਤੋਂ ਉਤਾਹਾਂ ਨੂੰ ਗਏ ਅਤੇ ਓਗ ਬਾਸ਼ਾਨ ਦਾ ਰਾਜਾ ਅਤੇ ਉਸ ਦੀ ਸਾਰੀ ਪਰਜਾ ਉਹਨਾਂ ਦਾ ਸਾਹਮਣਾ ਕਰਨ ਲਈ ਬਾਹਰ ਆਈ ਅਤੇ ਅਦਰਈ ਵਿੱਚ ਉਨ੍ਹਾਂ ਦੇ ਨਾਲ ਲੜ੍ਹਾਈ ਕੀਤੀ ।

34ਪਰ ਯਹੋਵਾਹ ਨੇ ਮੂਸਾ ਨੂੰ ਆਖਿਆ, ਉਸ ਤੋਂ ਨਾ ਡਰ ਕਿਉਂ ਜੋ ਮੈਂ ਉਸ ਨੂੰ ਅਤੇ ਉਸ ਦੀ ਸਾਰੀ ਸੈਨਾ ਨੂੰ ਅਤੇ ਉਸ ਦੇ ਦੇਸ ਨੂੰ ਤੇਰੇ ਵੱਸ ਵਿੱਚ ਕਰ ਦਿੱਤਾ ਹੈ । ਤੂੰ ਉਸ ਦੇ ਨਾਲ ਉਸੇ ਤਰ੍ਹਾਂ ਕਰੇਂਗਾ ਜਿਵੇਂ ਤੂੰ ਸੀਹੋਨ ਅਮੋਰੀਆਂ ਦੇ ਰਾਜੇ ਨਾਲ ਕੀਤਾ ਜੋ ਹਸ਼ਬੋਨ ਵਿੱਚ ਵੱਸਦਾ ਸੀ ।

35ਉਨ੍ਹਾਂ ਨੇ ਉਸਨੂੰ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਉਸ ਦੀ ਸਾਰੀ ਸੈਨਾ ਨੂੰ ਅਜਿਹਾ ਮਾਰਿਆ ਕਿ ਉਨ੍ਹਾਂ ਦਾ ਕੱਖ ਵੀ ਨਾ ਰਿਹਾ ਅਤੇ ਉਨ੍ਹਾਂ ਨੇ ਉਸ ਦੀ ਧਰਤੀ ਉੱਤੇ ਵੀ ਕਬਜ਼ਾ ਕਰ ਲਿਆ ।


  Share Facebook  |  Share Twitter

 <<  Numbers 21 >> 


Bible2india.com
© 2010-2025
Help
Dual Panel

Laporan Masalah/Saran