Bible 2 India Mobile
[VER] : [PUNJABI]     [PL]  [PB] 
 <<  Psalms 104 >> 

1ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੂੰ ਅੱਤ ਮਹਾਨ ਹੈਂ, ਤੂੰ ਤੇਜ ਅਤੇ ਉਪਮਾ ਦੀ ਪੁਸ਼ਾਕ ਪਹਿਨੀ ਹੋਈ ਹੈ !

2ਤੂੰ ਚਾਨਣ ਨੂੰ ਪੁਸ਼ਾਕ ਵਾਂਗੂੰ ਹੈਂ, ਤੂੰ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈਂ, —

3ਤੂੰ ਜੋ ਆਪਣੇ ਚੁਬਾਰਿਆਂ ਦੇ ਸ਼ਤੀਰਾਂ ਨੂੰ ਪਾਣੀਆਂ ਉੱਤੇ ਬੀੜਦਾ ਹੈਂ, ਜੋ ਘਟਾ ਨੂੰ ਆਪਣੇ ਰਥ ਬਣਾਉਂਦਾ ਹੈਂ, ਅਤੇ ਹਵਾ ਦੇ ਪਰਾਂ ਉੱਤੇ ਸੈਲ ਕਰਦਾ ਹੈਂ,

4ਤੂੰ ਹਵਾਵਾਂ ਨੂੰ ਆਪਣੇ ਹਲਕਾਰੇ, ਅਤੇ ਅੱਗ ਦੀਆਂ ਲਾਟਾਂ ਨੂੰ ਆਪਣੇ ਸੇਵਕ ਬਣਾਉਂਦਾ ਹੈਂ ।

5ਤੂੰ ਧਰਤੀ ਦੀ ਨੀਂਹ ਨੂੰ ਕਾਇਮ ਕੀਤਾ, ਕਿ ਉਹ ਸਦਾ ਤੱਕ ਅਟੱਲ ਰਹੇ ।

6ਤੂੰ ਉਹ ਨੂੰ ਡੂੰਘਿਆਈ ਨਾਲ ਇਉਂ ਕੱਜਿਆ ਜਿਵੇਂ ਪੁਸ਼ਾਕ ਨਾਲ, ਪਾਣੀ ਪਹਾੜਾਂ ਦੇ ਉੱਪਰ ਖਲੋ ਗਏ ।

7ਓਹ ਤੇਰੇ ਨਾਲ ਦਬਕੇ ਨਾਲ ਨੱਠ ਗਏ, ਉਹ ਤੇਰੀ ਗੜ੍ਹਕ ਦੀ ਅਵਾਜ਼ ਤੋਂ ਸ਼ਤਾਬੀ ਭੱਜੇ,

8ਉਸ ਥਾਂ ਨੂੰ ਜਿਸ ਦੀ ਤੂੰ ਨੀਂਹ ਰੱਖੀ ਹੋਈ ਸੀ ― ਪਹਾੜ ਉਤਾਂਹ ਚੜ੍ਹੇ, ਦੂਣਾ ਹੇਠਾਂ ਉੱਤਰੀਆਂ ―

9ਤੂੰ ਉਨ੍ਹਾਂ ਲਈ ਇੱਕ ਹੱਦ ਠਹਿਰਾ ਰੱਖੀ ਹੈ ਕਿ ਓਹ ਅੱਗੇ ਨਾ ਲੰਘਣ, ਅਤੇ ਨਾ ਹੀ ਮੁੜਕੇ ਧਰਤੀ ਨੂੰ ਢੱਕ ਲੈਣ ।

10ਤੂੰ ਚਸ਼ਮੇਂ ਵਾਦੀਆਂ ਵਿੱਚ ਵਗਾਉਂਦਾ ਹੈਂ, ਓਹ ਪਹਾੜਾਂ ਵਿੱਚ ਵੀ ਚੱਲਦੇ ਹਨ ।

11ਰੜ ਦੇ ਜਾਨਵਰ ਉਨ੍ਹਾਂ ਤੋਂ ਪੀਂਦੇ ਹਨ, ਜੰਗਲੀ ਖੋਤੇ ਵੀ ਆਪਣੀ ਤੇਹ ਬੁਝਾਉਂਦੇ ਹਨ ।

12ਉਨ੍ਹਾਂ ਦੇ ਲਾਗੇ ਅਕਾਸ਼ ਦੇ ਪੰਖੇਰੂ ਵਸੇਰਾ ਕਰਦੇ ਹਨ, ਅਤੇ ਟਹਿਣੀਆਂ ਤੋਂ ਬੋਲਦੇ ਹਨ ।

13ਤੂੰ ਆਪਣਿਆਂ ਚੁਬਾਰਿਆਂ ਤੋਂ ਪਹਾੜਾਂ ਨੂੰ ਸਿੰਜਦਾ ਹੈਂ, ਅਤੇ ਤੇਰੇ ਕੰਮਾਂ ਦੇ ਫਲ ਨਾਲ ਧਰਤੀ ਰੱਜਦੀ ਹੈ ।

14ਤੂੰ ਡੰਗਰਾਂ ਲਈ ਘਾਹ ਅਤੇ ਇਨਸਾਨ ਦੀ ਸੇਵਾ ਲਈ ਸਾਗ ਪੱਤ ਉਗਾਉਂਦਾ ਹੈਂ, ਕਿ ਧਰਤੀ ਵਿਚੋਂ ਆਹਾਰ ਕੱਢੇਂ,

15ਦਾਖ਼ਰਸ ਜਿਹੜੀ ਇਨਸਾਨ ਦੇ ਦਿਲ ਨੂੰ ਅਨੰਦ ਕਰਦੀ ਹੈ, ਅਤੇ ਤੇਲ ਜਿਹੜਾ ਉਹ ਦੇ ਮੁਖੜੇ ਨੂੰ ਚਮਕਾਉਂਦਾ ਹੈ, ਨਾਲੇ ਰੋਟੀ ਜਿਹੜੀ ਇਨਸਾਨ ਦੇ ਦਿਲ ਨੂੰ ਤਕੜਿਆਂ ਕਰਦੀ ਹੈ ।

16ਯਹੋਵਾਹ ਦੇ ਰੁੱਖ ਤ੍ਰਿਪਤ ਰਹਿੰਦੇ, ਲਬਾਨੋਨ ਦੇ ਦਿਆਰ ਜਿਹੜੇ ਉਸ ਨੇ ਲਾਏ,

17ਜਿੱਥੇ ਚਿੜੀਆਂ ਆਪਣੇ ਆਹਲਣੇ ਬਣਾਉਂਦੀਆਂ ਹਨ, ਅਤੇ ਲੰਮਢੀਂਗ ਦਾ ਘਰ ਚੀਲ ਦੇ ਰੁੱਖਾਂ ਉੱਤੇ ਹੈ ।

18ਉੱਚੇ ਪਹਾੜ ਬਣ ਬੱਕਰਿਆਂ ਲਈ ਹਨ, ਢਿਗਾਂ ਪਹਾੜੀ ਸਹਿਆਂ ਲਈ ਓਟ ਹਨ ।

19ਉਹ ਨੇ ਚੰਦ ਨੂੰ ਥਿਤਾਂ ਲਈ ਬਣਾਇਆ, ਸੂਰਜ ਆਪਣੇ ਡੁੱਬਣ ਦਾ ਵੇਲਾ ਜਾਣਦਾ ਹੈ ।

20ਤੂੰ ਅਨ੍ਹੇਰਾ ਕਰਦਾ ਹੈਂ ਅਤੇ ਰਾਤ ਹੋ ਜਾਂਦੀ ਹੈ, ਤਦ ਸਾਰੇ ਬਣਚਰ ਦੱਬੀਂ ਪੈਰੀਂ ਨਿੱਕਲਦੇ ਹਨ ।

21ਜੁਆਨ ਬੱਬਰ ਸ਼ੇਰ ਸ਼ਿਕਾਰ ਲਈ ਗੱਜਦੇ ਹਨ, ਅਤੇ ਪਰਮੇਸ਼ੁਰ ਕੋਲੋਂ ਆਪਣਾ ਅਹਾਰ ਮੰਗਦੇ ਹਨ,

22ਸੂਰਜ ਚੜਦੇ ਹੀ ਓਹ ਖਿਸਕ ਜਾਂਦੇ ਹਨ, ਅਤੇ ਆਪਣਿਆਂ ਘੁਰਨਿਆਂ ਵਿੱਚ ਜਾ ਬਹਿੰਦੇ ਹਨ ।

23ਇਨਸਾਨ ਆਪਣੇ ਕੰਮ ਧੰਧੇ ਨੂੰ ਨਿੱਕਲਦਾ ਹੈ, ਅਤੇ ਆਪਣੀ ਮਿਹਨਤ ਮਜ਼ਦੂਰੀ ਸ਼ਾਮਾਂ ਤੋੜੀ ਕਰਦਾ ਹੈ ।

24ਹੇ ਯਹੋਵਾਹ, ਤੇਰੇ ਕੰਮ ਕੇਡੇ ਢੇਰ ਸਾਰੇ ਹਨ ! ਤੂੰ ਇਨ੍ਹਾਂ ਸਾਰਿਆਂ ਨੂੰ ਬੁੱਧੀ ਨਾਲ ਸਾਜਿਆ ਹੈ, ਧਰਤੀ ਤੇਰੀਆਂ ਰਚਨਾਂ ਨਾਲ ਭਰੀ ਹੋਈ ਹੈ !

25ਉੱਥੇ ਸਮੁੰਦਰ ਵੱਡਾ ਤੇ ਚੌੜਾ ਹੈ, ਜਿੱਥੇ ਭੁੜਕਣ ਵਾਲੇ ਅਣਗਿਣਤ ਹਨ, ਓਹ ਨਿੱਕੇ ਨਿੱਕੇ ਤੇ ਵੱਡੇ-ਵੱਡੇ ਜੀਵ ਹਨ !

26ਉੱਥੇ ਜਹਾਜ਼ ਚੱਲਦੇ ਹਨ, ਅਤੇ ਤੂੰ ਲਿਵਯਾਥਾਨ ਨੂੰ ਉਹ ਦੇ ਖੇਡਣ ਲਈ ਰਚਿਆ ।

27ਏਹ ਸਾਰੇ ਤੇਰੀ ਉਡੀਕ ਵਿੱਚ ਹਨ, ਕਿ ਤੂੰ ਵੇਲੇ ਸਿਰ ਉਨ੍ਹਾਂ ਦਾ ਅਹਾਰ ਪਹੁੰਚਾਵੇਂ ।

28ਤੂੰ ਉਨ੍ਹਾਂ ਨੂੰ ਦਿੰਦਾ ਹੈਂ, ਓਹ ਚੁਗ ਲੈਂਦੇ ਹਨ, ਤੂੰ ਆਪਣੀ ਮੁੱਠੀ ਖੋਲ੍ਹਦਾ ਹੈਂ, ਓਹ ਪਦਾਰਥਾਂ ਨਾਲ ਰੱਜ ਜਾਂਦੇ ਹਨ ।

29ਤੂੰ ਆਪਣਾ ਮੁਖੜਾ ਲੁਕਾਉਂਦਾ ਹੈਂ, ਓਹ ਘਾਬਰ ਜਾਂਦੇ ਹਨ, ਤੂੰ ਉਨ੍ਹਾਂ ਦਾ ਸਾਹ ਕੱਢ ਲੈਂਦਾ ਹੈਂ, ਓਹ ਪ੍ਰਾਣ ਤਿਆਗਦੇ, ਅਤੇ ਮੁੜ ਆਪਣੀ ਮਿੱਟੀ ਵਿੱਚ ਰਲ ਜਾਂਦੇ ਹਨ ।

30ਤੂੰ ਆਪਣਾ ਆਤਮਾ ਭੇਜਦਾ ਹੈਂ, ਓਹ ਉਤਪੰਨ ਹੋ ਜਾਂਦੇ ਹਨ, ਅਤੇ ਤੂੰ ਜ਼ਮੀਨ ਨੂੰ ਨਵਾਂ ਬਣਾ ਦਿੰਦਾ ਹੈਂ ।

31ਯਹੋਵਾਹ ਦਾ ਪਰਤਾਪ ਸਦਾ ਲਈ ਹੋਵੇ, ਯਹੋਵਾਹ ਆਪਣੇ ਕੰਮਾਂ ਤੋਂ ਅਨੰਦ ਹੋਵੇ, —

32ਜੋ ਧਰਤੀ ਵੱਲ ਨਿਗਾਹ ਮਾਰਦਾ ਹੈ ਅਤੇ ਉਹ ਕੰਬ ਉੱਠਦੀ ਹੈ, ਉਹ ਪਹਾੜਾਂ ਨੂੰ ਟੁੰਬਦਾ ਹੈ ਅਤੇ ਧੂੰਆਂ ਨਿੱਕਲਦਾ ਹੈ !

33ਮੈਂ ਜੀਵਨ ਭਰ ਯਹੋਵਾਹ ਨੂੰ ਗਾਵਾਂਗਾ, ਜਿੰਨਾ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਲਈ ਭਜਨ ਗਾਵਾਂਗਾ !

34ਮੇਰਾ ਧਿਆਨ ਉਹ ਨੂੰ ਭਾਵੇ, ਮੈਂ ਯਹੋਵਾਹ ਵਿੱਚ ਮਗਨ ਰਹਾਂਗਾ ।

35ਪਾਪੀ ਧਰਤੀ ਤੋਂ ਮਿਟ ਜਾਣ, ਅਤੇ ਦੁਸ਼ਟ ਬਾਕੀ ਨਾ ਰਹਿਣ ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹਲਲੂਯਾਹ ! ।


  Share Facebook  |  Share Twitter

 <<  Psalms 104 >> 


Bible2india.com
© 2010-2025
Help
Dual Panel

Laporan Masalah/Saran