Bible 2 India Mobile
[VER] : [PUNJABI]     [PL]  [PB] 
 <<  Psalms 9 >> 

1ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਨਾਲ ਤੇਰਾ ਧੰਨਵਾਦ ਕਰਾਂਗਾ, ਮੈਂ ਤੇਰੇ ਸਾਰੇ ਅਚਰਜ ਕੰਮਾਂ ਦਾ ਵਰਣਨ ਕਰਾਂਗਾ ।

2ਮੈਂ ਤੈਥੋਂ ਖੁਸ਼ ਅਤੇ ਬਾਗ-ਬਾਗ ਹੋਵਾਂਗਾ, ਹੇ ਅੱਤ ਮਹਾਨ, ਮੈਂ ਤੇਰੇ ਨਾਮ ਦੀ ਉਸਤਤ ਗਾਵਾਂਗਾ ।

3ਜਦ ਮੇਰੇ ਵੈਰੀ ਪਿਛਾਂਹ ਮੁੜਦੇ ਹਨ, ਉਹ ਤੇਰੇ ਸਾਹਮਣਿਓਂ ਠੇਡਾ ਖਾ ਕੇ ਨਾਸ ਹੋ ਜਾਂਦੇ ਹਨ,

4ਕਿਉਂ ਜੋ ਤੂੰ ਮੇਰਾ ਨਿਆਂ ਅਤੇ ਮੇਰਾ ਫ਼ੈਸਲਾ ਕੀਤਾ ਹੈ, ਤੂੰ ਸਿੰਘਾਸਣ ਉੱਤੇ ਬੈਠ ਕੇ ਸੱਚਾ ਨਿਆਂ ਕੀਤਾ ਹੈ ।

5ਤੂੰ ਪਰਾਈਆਂ ਕੌਮਾਂ ਨੂੰ ਝਿੜਕਿਆ ਹੈ, ਤੂੰ ਦੁਸ਼ਟਾਂ ਦਾ ਨਾਸ ਕੀਤਾ ਹੈ, ਤੂੰ ਸਦੀਪਕ ਕਾਲ ਲਈ ਉਨ੍ਹਾਂ ਦਾ ਨਾਮ ਮਿਟਾ ਦਿੱਤਾ ।

6ਵੈਰੀ ਉਜੜੇ ਥਾਵਾਂ ਵਿੱਚ ਸਦਾ ਲਈ ਮੁੱਕ ਗਏ, ਅਤੇ ਜਿਹੜੇ ਨਗਰ ਤੂੰ ਢਾਹ ਦਿੱਤੇ, ਉਨ੍ਹਾਂ ਦਾ ਚੇਤਾ ਵੀ ਮਿਟ ਗਿਆ ਹੈ ।

7ਪਰੰਤੂ ਯਹੋਵਾਹ ਸਦਾ ਹੀ ਬਿਰਾਜਮਾਨ ਹੈ, ਉਸ ਨੇ ਆਪਣੇ ਸਿੰਘਾਸਣ ਨੂੰ ਨਿਆਂ ਦੇ ਲਈ ਕਾਇਮ ਕਰ ਰੱਖਿਆ ਹੈ

8ਅਤੇ ਉਹ ਧਰਮ ਨਾਲ ਜਗਤ ਦਾ ਨਿਆਂ ਕਰੇਗਾ, ਉਹ ਸਚਿਆਈ ਨਾਲ ਉਮਤਾਂ ਦਾ ਫੈਸਲਾ ਕਰੇਗਾ ।

9ਯਹੋਵਾਹ ਸਤਾਏ ਹੋਏ ਦੇ ਲਈ ਇੱਕ ਉੱਚਾ ਗੜ੍ਹ ਹੋਵੇਗਾ, ਹਾਂ, ਬਿਪਤਾ ਦੇ ਸਮੇਂ ਲਈ ਇੱਕ ਉੱਚਾ ਗੜ੍ਹ ਹੋਵੇਗਾ ।

10ਤੇਰੇ ਨਾਮ ਦੇ ਜਾਨਣ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਕਿਉਂ ਜੋ ਹੇ ਯਹੋਵਾਹ, ਤੂੰ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ ।

11ਯਹੋਵਾਹ ਦੀ ਉਸਤਤ ਗਾਓ ਜਿਹੜਾ ਸੀਯੋਨ ਵਿੱਚ ਵੱਸਦਾ ਹੈ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਪਰਚਾਰ ਕਰੋ ।

12ਜਦ ਉਹ ਖੂਨ ਦੀ ਪੁੱਛਗਿੱਛ ਕਰਦਾ ਹੈ ਉਹ ਉਹਨਾਂ ਨੂੰ ਚੇਤੇ ਕਰਦਾ ਹੈ, ਉਹ ਮਸਕੀਨਾਂ ਦੀ ਦੁਹਾਈ ਨਹੀਂ ਭੁੱਲਦਾ ।

13ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਤੂੰ ਜੋ ਮੈਨੂੰ ਮੌਤ ਦੇ ਫਾਟਕਾਂ ਤੋ ਉੱਠਾ ਲੈਂਦਾ ਹੈ, ਮੇਰੇ ਕਲੇਸ਼ ਉੱਤੇ ਜਿਹੜਾ ਮੇਰੇ ਵੈਰੀਆ ਵੱਲੋ ਹੈ ਨਜ਼ਰ ਕਰ,

14ਤਾ ਜੋ ਮੈਂ ਸੀਯੋਨ ਦੀ ਧੀ ਦੇ ਫਾਟਕਾਂ ਵਿੱਚ ਤੇਰੀ ਸਾਰੀ ਉਸਤਤ ਦਾ ਪਰਚਾਰ ਕਰਾ, ਅਤੇ ਮੈਂ ਤੇਰੇ ਬਚਾਓ ਤੋਂ ਖੁਸ਼ ਹੋਵਾਂ ।

15ਜਿਹੜਾ ਟੋਆ ਪਰਾਈਆਂ ਕੌਮਾਂ ਨੇ ਪੁੱਟਿਆ ਸੀ ਉਸ ਵਿੱਚ ਓਹ ਆਪ ਡਿੱਗ ਪਈਆਂ ਹਨ, ਜਿਹੜੀ ਫਾਹੀ ਉਹਨਾਂ ਨੇ ਛਿਪਾਈ ਸੀ ਉਸੇ ਵਿੱਚ ਉਨ੍ਹਾਂ ਦਾ ਆਪਣਾ ਪੈਰ ਫਸ ਗਿਆ ਹੈ ।

16ਯਹੋਵਾਹ ਉਜਾਗਰ ਹੋਇਆ ਹੈ, ਉਸੇ ਨੇ ਨਿਆਂ ਕੀਤਾ ਹੈ, ਦੁਸ਼ਟ ਨੂੰ ਉਸੇ ਦੇ ਹੱਥ ਦੇ ਕੰਮ ਵਿੱਚ ਉਸ ਨੇ ਫਸਾ ਦਿੱਤਾ ਹੈ । ਹਿੱਗਯੋਨ ਸਲਹ ।

17ਦੁਸ਼ਟ ਪਾਤਾਲ ਵਿੱਚ ਮੁੜ੍ਹ ਜਾਣਗੇ, ਉਹ ਸਾਰੀਆਂ ਕੌਮਾਂ ਜਿਹੜੀਆਂ ਪਰਮੇਸ਼ੁਰ ਨੂੰ ਵਿਸਾਰ ਦਿੰਦੀਆਂ ਹਨ ।

18ਕੰਗਾਲ ਤਾ ਸਦਾ ਵਿਸਰੇ ਨਹੀਂ ਰਹਿਣਗੇ, ਨਾ ਮਸਕੀਨਾਂ ਦੀ ਆਸ਼ਾ ਹਮੇਸ਼ਾ ਲਈ ਨਸ਼ਟ ਹੋਵੇਗੀ ।

19ਉੱਠ, ਹੇ ਯਹੋਵਾਹ, ਇਨਸਾਨ ਨੂੰ ਪਰਬਲ ਨਾ ਹੋਣ ਦੇ ! ਤੇਰੇ ਸਨਮੁੱਖ ਪਰਾਈਆਂ ਕੌਮਾਂ ਦਾ ਨਿਆਂ ਕੀਤਾ ਜਾਵੇ ।

20ਹੇ ਯਹੋਵਾਹ, ਓਹਨਾਂ ਨੂੰ ਭੈਜਲ ਪਾ, ਪਰਾਈਆਂ ਕੌਮਾਂ ਆਪਣੇ ਆਪ ਨੂੰ ਨਿਰਾ ਇਨਸਾਨ ਹੀ ਜਾਣਨ । ਸਲਹ ।


  Share Facebook  |  Share Twitter

 <<  Psalms 9 >> 


Bible2india.com
© 2010-2025
Help
Dual Panel

Laporan Masalah/Saran